ਬਠਿੰਡਾ ਵਿੱਚ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 2 ਹੈਂਡ ਗ੍ਰਨੇਡ ਬਰਾਮਦ

ਬਠਿੰਡਾ, 18 ਮਾਰਚ 2026
ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ ਸਮੇਂ ਸਿਰ ਕਾਰਵਾਈ ਕਰਦੇ ਹੋਏ ਇੱਕ ਸੰਭਾਵਿਤ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਹੈਂਡ ਗ੍ਰਨੇਡ ਵੀ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗ੍ਰਨੇਡ ਸਰਹੱਦ ਪਾਰ ਤੱਤਾਂ ਨਾਲ ਜੁੜੀ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ। ਇਸ ਸਾਜ਼ਿਸ਼ ਦਾ ਮਕਸਦ ਖੇਤਰ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨਾ ਅਤੇ ਜਨਤਕ ਸੁਰੱਖਿਆ ਨੂੰ ਖਤਰੇ ਵਿੱਚ ਪਾਉਣਾ ਸੀ।
ਇਸ ਮਾਮਲੇ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵਿੱਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾ ਕੇ ਉਸਨੂੰ ਖਤਮ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ ਅੱਤਵਾਦੀ ਖ਼ਤਰਿਆਂ ਨੂੰ ਨਾਕਾਮ ਕਰਨ, ਸੰਗਠਿਤ ਅਪਰਾਧ ‘ਤੇ ਨਕੇਲ ਕੱਸਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।



