ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ
ਅੰਮ੍ਰਿਤਸਰ, 09 ਅਪ੍ਰੈਲ 2026 (ਸੁਖਬੀਰ ਸਿੰਘ,ਅਭਿਨੰਦਨ ਸਿੰਘ)
ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਦੇ ਬੋਟਨੀ ਵਿਭਾਗ ਵੱਲੋਂ ਕਰਵਾਏ ਗਏ ਫ਼ਲਾਵਰ ਸ਼ੋਅ ਦੌਰਾਨ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਪ੍ਰੋਗਰਾਮ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਅਣਗਣਿਤ ਇਨਾਮ ਵੀ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ੋਅ ’ਚ ਵਿਦਿਆਰਥੀਆਂ ਨੇ ਅਸਿਸਟੈਂਟ ਪ੍ਰੋਫ਼ੈਸਰ ਕਵਲਜੀਤ ਕੌਰ ਅਤੇ ਨਰਸਿੰਗ ਟਿਊਟਰ ਲਵਪ੍ਰੀਤ ਕੌਰ ਦੀ ਅਗਵਾਈ ਹੇਠ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਇੰਸਟੀਟਿਊਸ਼ਨਲ ਕੈਟੇਗਰੀ ’ਚ ਕਾਲਜ ਪਹਿਲੇ ਸਥਾਨ ’ਤੇ ਰਿਹਾ ਅਤੇ ਸਕੂਲੈਂਟ, ਕੈਕਟਸ ਅਤੇ ਬੋਨਸਾਈ ਕੈਟੇਗਰੀ ’ਚ ਦੂਜਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੋਸਟਰ ਮੁਕਾਬਲੇ ’ਚ ਆਈਮਨਜੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਜਦਕਿ ਇਸ਼ਮੀਤ ਕੌਰ ਅਤੇ ਮਹਿਕਪ੍ਰੀਤ ਕੌਰ ਨੇ ਫਲਾਵਰ ਅਰੈਂਜਮੈਂਟ ’ਚ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ।



