ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਕੀਤਾ ਗਿਆ ਉਦਘਾਟਨ

ਅੰਮ੍ਰਿਤਸਰ, 20 ਅਪ੍ਰੈਲ 2026 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਰਾਹੀਂ ਛਪਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪ੍ਰਿੰਟਿੰਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸਤਨਾਮ ਸਿੰਘ ਦਾ ਸਨਮਾਨ ਵੀ ਕੀਤਾ।



