Breaking NewsNews
Trending

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਦਾ ਹੋਇਆ ਆਗਾਜ਼

ਅੰਮ੍ਰਿਤਸਰ, 08 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ “ਨੇਸ਼ਨ ਬਿਲਡਰ” ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਬੀ. ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਮੋਹਾਲੀ, ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਨਸਿਕ ਸਿਹਤ ਮਾਹਿਰਾਂ ਦੇ ਸਹਿਯੋਗ ਨਾਲ ਇਹ ਫਲੈਗਸ਼ਿਪ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ 9 ਜ਼ਿਲ੍ਹਿਆਂ ਦੇ 1400 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਬੀਤੇ ਦਿਨ ਅੰਮ੍ਰਿਤਸਰ ਤੋਂ ਹੋਈ, ਜਿੱਥੇ ਜ਼ਿਲ੍ਹੇ ਦੇ 3238 ਅਧਿਆਪਕਾਂ ਨੂੰ 16 ਦਿਨਾਂ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਟ੍ਰੇਨਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ), ਸਾਰਾਗੜੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਟਾਊਨ ਹਾਲ ਐਟ ਮਾਲ ਮੰਡੀ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਉਣ, ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਕ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਅੱਗੇਵਾਰ ਭੂਮਿਕਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸੰਵੇਦਨਸ਼ੀਲ ਅਧਿਆਪਕ ਹੀ ਨਸ਼ਾ ਮੁਕਤ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੇ ਰਹੇ ਟ੍ਰੇਨਰਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਹਿਰਾਂ ਵੱਲੋਂ ਦੋ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ, ਜਿਸ ਤੋਂ ਬਾਅਦ ਹੁਣ ਇਹ ਟ੍ਰੇਨਰ ਸਕੂਲਾਂ ਵਿੱਚ ਅਧਿਆਪਕਾਂ ਨੂੰ ਟ੍ਰੇਨਿੰਗ ਪ੍ਰਦਾਨ ਕਰ ਰਹੇ ਹਨ।

ਇਸ ਮੌਕੇ ਮਾਣਯੋਗ ਕੈਬਿਨਟ ਮੰਤਰੀ ਦਾ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਖੰਨਾ ਅਤੇ ਪ੍ਰਿੰਸੀਪਲ ਮੈਡਮ ਜੇ. ਕੇ. ਸ਼ਿੰਗਾਰੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ ਅਫਸਰ ਨੇ ਇਸ ਮੌਕੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਕੂਲਾਂ ਵਿੱਚ ਵਿਹਾਰਕ ਵਿਕਾਸ ਅਤੇ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਜਿਹਾ ਪਾਠਕ੍ਰਮ ਅਤੇ ਗਤੀਵਿਧੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਜੋ ਵਿਦਿਆਰਥੀਆਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ, ਜ਼ਿੰਮੇਵਾਰ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਜ਼ਿਲ੍ਹਾ ਨੋਡਲ ਇੰਚਾਰਜ ਸਰਦਾਰ ਸੁਖਵਿੰਦਰ ਸਿੰਘ, ਮੁਖਤਾਰ ਸਿੰਘ, ਸ੍ਰੀਮਤੀ ਰਮਿੰਦਰ ਬਜਾਜ, ਡਿਟਸੂ ਚੰਡੀਗੜ੍ਹ ਤੋਂ ਤਰਨ ਅਤੇ ਨਿਸ਼ਚੇ ਸਮੇਤ ਸਕੂਲ ਦੇ ਅਧਿਆਪਕ ਹਾਜ਼ਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button