Breaking NewsNews
Trending

ਜ਼ਿਲ੍ਹਾ ਅੰਮ੍ਰਿਤਸਰ ਨੇ ਬਾਰ੍ਹਵੀਂ ਬੋਰਡ ਦੇ ਨਤੀਜਿਆਂ ਵਿੱਚ ਮਾਰੀ ਬਾਜ਼ੀ

ਅੰਮ੍ਰਿਤਸਰ, 13 ਮਈ 2026 ( ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਦੇ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਸਾਰੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਉਪਲਬਧੀ ਦਰਜ ਕੀਤੀ ਹੈ। ਇਹ ਜ਼ਿਲ੍ਹੇ ਲਈ ਮਾਣ ਅਤੇ ਗੌਰਵ ਦੀ ਗੱਲ ਹੈ।
ਜ਼ਿਲ੍ਹੇ ਵਿੱਚ ਕੁੱਲ 25,981 ਵਿਦਿਆਰਥੀ ਪ੍ਰੀਖਿਆ ਵਿੱਚ ਹਾਜ਼ਰ ਹੋਏ, ਜਿਨ੍ਹਾਂ ਵਿੱਚੋਂ 24,941 ਵਿਦਿਆਰਥੀ ਪਾਸ ਹੋਏ। ਇਸ ਤਰ੍ਹਾਂ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 96 ਪ੍ਰਤੀਸ਼ਤ ਰਹੀ, ਜੋ ਸਾਰੇ ਪੰਜਾਬ ਵਿੱਚੋਂ ਸਭ ਤੋਂ ਵੱਧ ਹੈ।
ਇਹ ਸ਼ਾਨਦਾਰ ਸਫਲਤਾ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਦੂਰਦਰਸ਼ੀ ਸੋਚ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਦਾ ਨਤੀਜਾ ਹੈ।
ਇਸ ਸਫਲਤਾ ਵਿੱਚ  ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰ ਜੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਾਹਿਬਾਨ ਦੀ ਯੋਗ ਅਗਵਾਈ, ਲਗਾਤਾਰ ਮਾਰਗਦਰਸ਼ਨ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਦੇ ਸਹਿਯੋਗ ਅਤੇ ਪ੍ਰੇਰਣਾ ਸਦਕਾ ਜ਼ਿਲ੍ਹਾ ਅੰਮ੍ਰਿਤਸਰ ਨੇ ਸਿੱਖਿਆ ਖੇਤਰ ਵਿੱਚ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।
ਇਸ ਮੌਕੇ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਖੰਨਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ ਗਈ। ਡੀ.ਆਰ.ਸੀ. ਡਾ. ਰਾਜਨ ਨੇ ਵੀ ਸਮੂਹ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੇਂ ਮਾਪਦੰਡ ਸਥਾਪਿਤ ਕਰਦੇ ਰਹਿਣਗੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਸਾਰਥਕ ਇਸਤੇਮਾਲ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਭਵਿੱਖ ਵਿੱਚ ਵੀ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਹਾਸਲ ਕਰਦਾ ਰਹੇਗਾ। ਉਨ੍ਹਾਂ ਨੇ ਸਮੂਹ ਸਕੂਲ ਪ੍ਰਿੰਸੀਪਲਾਂ ਅਤੇ ਬੀ.ਐਨ.ਓ. ਸਾਹਿਬਾਨ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button