ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਖੜ੍ਹਣ ਦਾ ਦਿੱਤਾ ਸੱਦਾ
ਰੰਗਲੇ ਪੰਜਾਬ ਦੀ ਸਿਰਜਣਾ ਲਈ ਯੁੱਧ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕ ਵੱਡੀ ਤਦਾਦ ਵਿੱਚ ਆਏ ਅੱਗੇ

ਅੰਮ੍ਰਿਤਸਰ, 12 ਜੂਨ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਅੱਜ ਜੰਡਿਆਲਾ ਗੁਰੂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਪਿੰਡਾਂ ਦੇ ਸਰਪੰਚਾਂ, ਯੂਥ ਕਲੱਬਾਂ, ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਖ਼ਿਲਾਫ਼ ਡੱਟ ਕੇ ਖੜ੍ਹਣ ਅਤੇ ਆਪਣੇ ਪਿੰਡਾਂ ਅਤੇ ਇਲਾਕਿਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਇੱਕਜੁੱਟ ਹੋ ਕੇ ਇਸ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰੀਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋ ਸਕਦਾ ਹੈ।
ਲੋਕ ਨਿਰਮਾਣ ਮੰਤਰੀ ਨੇ ਸਰਪੰਚਾਂ, ਯੂਨੀਅਨਾਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਸਮਾਜਿਕ ਕਾਰਜਾਂ ਨਾਲ ਜੋੜਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 60 ਹਜ਼ਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 90 ਹਜ਼ਾਰ ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਨਸ਼ਾ ਛੁਡਾਉ ਕੇਂਦਰਾਂ ਵਿਖੇ ਸਰਕਾਰ ਵੱਲੋਂ ਮੁਫਤ ਵਿੱਚ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪਿੰਡ ਵਿੱਚ ਈ-ਰਿਕਸ਼ਾ ਚਲਾਏ ਗਏ ਹਨ ਜਿੰਨਾਂ ਵਿੱਚ ਇਕ ਸ਼ਿਕਾਇਤ ਬਕਸਾ ਵੀ ਲਗਾਇਆ ਗਿਆ ਹੈ ਜਿਸ ਵਿੱਚ ਲੋਕ ਨਸ਼ਾ ਤਸਕਰਾਂ ਖਿਲਾਫ ਬਿਨਾਂ ਆਪਣੀ ਪਹਿਚਾਣ ਦੱਸੇ ਸ਼ਿਕਾਇਤ ਦਰਜ ਸਕ ਸਕਣਗੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਬਕਸੇ ਵਿੱਚ ਜਿਸ ਵੀ ਨਸ਼ਾ ਤਸਕਰ ਦੀ ਸੂਚਨਾ ਮਿਲੇਗੀ ਦੇ ਖਿਲਾਫ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦਿਹਾਤੀ ਦੇ ਪ੍ਰਧਾਨ ਸ੍ਰ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਗਿਆ ਹੈ ਅਤੇ ਇਸ ਨੂੰ ਜੜ੍ਹੋ ਖਤਮ ਕਰਕੇ ਹੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਮੁਹਿੰਮ ਦੇ ਪੱਖੀ ਨਤੀਜੇ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦਾ ਸਾਰੇ ਵਾਲੰਟੀਅਰਜ਼ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। ਇਸ ਮੌਕੇ ਐਸ:ਡੀ:ਐਮ ਮੈਡਮ ਅਲਕਾ ਕਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ ਜੇਕਰ ਲੋਕ ਸਾਥ ਦੇਣ ਤਾਂ ਇਸ ਦੇ ਹੋਰ ਵੀ ਹਾਂ ਪੱਖੀ ਨਤੀਜੇ ਸਾਹਮਣੇ ਆਉਣਗੇ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜੰਡਿਆਲਾ ਗੁਰੂ ਦੇ ਡੀ:ਐਸ:ਪੀ ਸ੍ਰ ਬਲਜੀਤ ਸਿੰਘ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸਿੱਧੀ ਸੂਚਨਾ ਮੈਨੂੰ ਦਿਓ, ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਹਾਜ਼ਰ ਪਿੰਡਾਂ ਦੇ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਵੀ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕਰਨ ਦਾ ਸੰਕਲਪ ਲਿਆ।
ਇਸ ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਦਿਹਾਤੀ ਦੇ ਪ੍ਰਧਾਨ ਸ੍ਰ ਕੁਲਦੀਪ ਸਿੰਘ, ਵਾਈਸ ਪ੍ਰਧਾਨ ਨਿਰਵੈਲ ਸਿੰਘ, ਕੌਂਸਲਰ ਸਤਿੰਦਰ ਸਿੰਘ, ਕੌਂਸਲਰ ਰਾਜ ਕੁਮਾਰ ਮਲਹੋਤਰਾ, ਬੀ:ਡੀ:ਪੀ:ਓ ਸ੍ਰ ਮਲਕੀਤ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ, ਸੂਬੇਦਾਰ ਸ਼ਨਾਖ ਸਿੰਘ, ਬਲਾਕ ਪ੍ਰਧਾਨ ਕੇਵਲ ਸਿੰਘ, ਸਰਪੰਚ ਅਮਰੀਕ ਸਿੰਘ, ਤਹਿਸੀਲਦਾਰ ਅਕਵਿੰਦਰ ਕੌਰ, ਐਸ:ਸੀ ਵਿੰਗ ਦੇ ਹਲਕਾ ਇੰਚਾਰਜ ਮਨਜੀਤ ਸਿੰਘ, ਸਮਸ਼ੇਰ ਸਿੰਘ, ਅਜੈਬੀਰ ਸਿੰਘ, ਮੌਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਲੰਟੀਅਰਜ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਸਰਪੰਚ ਹਾਜਰ ਸਨ।



