Breaking NewsNews
Trending

ਭਗਵੰਤ ਮਾਨ ਕੁਰਸੀ ਬਚਾਉਣ ਲਈ ਕੇਜਰੀਵਾਲ ਦੀ ਸਿੱਖ-ਮਾਰੂ ਸੋਚ ਦੀ ਖੁੱਲ੍ਹੀ ਤਰਜਮਾਨੀ ਕਰ ਰਿਹਾ : ਪ੍ਰੋ. ਖਿਆਲਾ, ਔਲਖ। “ਜੇਕਰ ਭਗਵੰਤ ਮਾਨ ਨੂੰ ਨਾਨਕ ਨਾਮ-ਲੇਵਾ ਸੰਗਤਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਦੀ ਸੱਚਮੁੱਚ ਪਰਵਾਹ ਹੁੰਦੀ, ਤਾਂ ਉਹ ਹੁਣ ਤੱਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹੁੰਦੇ।” – ਪ੍ਰੋ. ਸਰਚਾਂਦ ਸਿੰਘ ਖਿਆਲਾ

ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦਾ ਅੰਮ੍ਰਿਤਸਰ ਵਿਖੇ ਪ੍ਰੋ. ਖਿਆਲਾ ਤੇ ਸ. ਔਲਖ ਵੱਲੋਂ ਨਿੱਘਾ ਸਵਾਗਤ।

ਅੰਮ੍ਰਿਤਸਰ, 19 ਜੂਨ 2026 (ਅਭਿਨੰਦਨ ਸਿੰਘ)

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਚੁਣੇ ਗਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਦੇ ਅੰਮ੍ਰਿਤਸਰ ਪਹੁੰਚਣ ‘ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਅਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ. ਹਰਦਿਆਲ ਸਿੰਘ ਔਲਖ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਸ. ਕੇਵਲ ਸਿੰਘ ਢਿੱਲੋਂ ਅਤੇ ਸ੍ਰੀ ਤਰੁਣ ਚੁੱਘ ਨਾਲ ਪ੍ਰੋ. ਖਿਆਲਾ ਅਤੇ ਸ. ਔਲਖ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ ਅਤੇ ਜਲ੍ਹਿਆਂਵਾਲਾ ਬਾਗ ਸਮੇਤ ਅਹਿਮ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪ੍ਰੋ. ਖਿਆਲਾ ਅਤੇ ਸ. ਔਲਖ ਨੇ ਦੱਸਿਆ ਕਿ ਸ. ਕੇਵਲ ਸਿੰਘ ਢਿੱਲੋਂ ਅਤੇ ਸ੍ਰੀ ਤਰੁਣ ਚੁੱਘ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਨੇ ਭਾਰੀ ਉਤਸ਼ਾਹ ਦਿਖਾ ਕੇ ਦੋਵੇਂ ਆਗੂਆਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੀ ਮਜ਼ਬੂਤੀ ਅਤੇ ਸੂਬੇ ਵਿੱਚ ਇੱਕ ਨਵੇਂ ਰਾਜਨੀਤਿਕ ਵਿਕਲਪ ਵਜੋਂ ਭਾਜਪਾ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ।

ਇਸੇ ਦੌਰਾਨ ਆਗੂਆਂ ਨਾਲ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਵਧ ਰਹੀ ਬੇਰੁਜ਼ਗਾਰੀ, ਨਸ਼ਾ, ਗੈਂਗਸਟਰਵਾਦ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ, ਸੂਬੇ ਵਿੱਚ ਪੂੰਜੀ ਨਿਵੇਸ਼ ਦੀ ਘਾਟ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲ ਰਹੀਆਂ ਫਿਰੌਤੀ ਦੀਆਂ ਧਮਕੀਆਂ, ਵਿਕਾਸ ਕਾਰਜਾਂ ਦਾ ਠੱਪ ਹੋਣਾ, ਬੇਅਦਬੀ ਮਾਮਲਿਆਂ ਵਿੱਚ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਅਤੇ ਸਿੱਖ ਪੰਥ ਨਾਲ ਸਬੰਧਤ ਅਹਿਮ ਮਸਲਿਆਂ ਸਮੇਤ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਵਿਸ਼ਿਆਂ ਉੱਤੇ ਗੰਭੀਰ ਵਿਚਾਰ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਵਿਵਾਦ ਅਤੇ ਉਸ ਦੁਆਰਾ ਦਸ ਗੁਰੂ ਸਾਹਿਬਾਨਾਂ ਦੀ ਤਸਵੀਰ ਦੇ ਕੀਤੇ ਗਏ ਅਪਮਾਨ ਸਬੰਧੀ ਵੀਡੀਓ ਦੇ ਫੋਰੈਂਸਿਕ ਨਤੀਜਿਆਂ ਤੋਂ ਬਾਅਦ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਮਾਨ ਨੂੰ ਸਿੱਖ ਪੰਥ ਵਿੱਚੋਂ ਖਾਰਜ ਕੀਤੇ ਜਾਣ ਨਾਲ ਪੈਦਾ ਹੋਈ ਸਥਿਤੀ ਬਾਰੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਨੂੰ ਚੁਣੌਤੀ ਦੇਣ ਅਤੇ ਪੰਥਕ ਭਾਵਨਾਵਾਂ ਨੂੰ ਅਣਡਿੱਠਾ ਕਰਨ ਪਿੱਛੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਿੱਖ ਮਸਲਿਆਂ ਪ੍ਰਤੀ ਅਸੰਵੇਦਨਸ਼ੀਲ ਸੋਚ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਪ ਵੱਲੋਂ 2014 ਦੀਆਂ ਚੋਣਾਂ ਦੌਰਾਨ ਚੋਣ ਮੈਨੀਫੈਸਟੋ ਦੇ ਕਵਰ ਉੱਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਾਲ ਝਾੜੂ ਦੀ ਤਸਵੀਰ ਲਗਾ ਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ ਗਈ ਸੀ। ਉਸ ਸਮੇਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ. ਸੁੱਚਾ ਸਿੰਘ ਛੋਟੇਪੁਰ ਵੱਲੋਂ ਇਸ ਮਾਮਲੇ ਪ੍ਰਤੀ ਪ੍ਰਗਟਾਈ ਚਿੰਤਾ ਉੱਤੇ ਕੇਜਰੀਵਾਲ ਵੱਲੋਂ ਸਿੱਖ ਜਜ਼ਬਾਤਾਂ ਅਤੇ ਰਵਾਇਤਾਂ ਨੂੰ ਦਰਕਿਨਾਰ ਕਰਦਿਆਂ ਇਹ ਕਿਹਾ ਗਿਆ ਕਿ “ਤੁਝੇ ਸਿੱਖੀ ਸੇ ਨਿਕਾਲ ਦੇਤਾ ਤੋ ਕਿਆ ਹੋ ਜਾਤਾ” ਅੱਜ ਭਗਵੰਤ ਮਾਨ ਕੁਰਸੀ ਕਾਇਮ ਰੱਖਣ ਲਈ ਕੇਜਰੀਵਾਲ ਦੀ ਇਸੇ ਸਿੱਖ-ਮਾਰੂ ਸੋਚ ਤੇ ਮਾਨਸਿਕਤਾ ਦੀ ਖੁੱਲ੍ਹੀ ਤਰਜਮਾਨੀ ਕਰ ਰਿਹਾ ਹੈ। “ਜੇਕਰ ਭਗਵੰਤ ਮਾਨ ਨੂੰ ਨਾਨਕ ਨਾਮ-ਲੇਵਾ ਸੰਗਤਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਦੀ ਸੱਚਮੁੱਚ ਪਰਵਾਹ ਹੁੰਦੀ, ਤਾਂ ਉਹ ਹੁਣ ਤੱਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹੁੰਦੇ।”  ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ।

ਪ੍ਰੋ. ਖਿਆਲਾ ਨੇ ਕਿਹਾ ਕਿ ਸਿੱਖ ਧਰਮ ਅਤੇ ਸਿੱਖ ਸੰਸਥਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਨਿਮਰਤਾ, ਸਤਿਕਾਰ ਅਤੇ ਜਵਾਬਦੇਹੀ ਦੀ ਲੋੜ ਹੁੰਦੀ ਹੈ, ਪਰ ਮੌਜੂਦਾ ਸਰਕਾਰ ਦਾ ਰਵੱਈਆ ਇਸ ਦੇ ਬਿਲਕੁਲ ਉਲਟ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਅਤੇ ਨਾਨਕ ਨਾਮ-ਲੇਵਾ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ ਤਾਂ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਮਾਮਲੇ ਵਿੱਚ ਪਰਚਾ ਦਰਜ ਕਰ ਅਤੇ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਜਾਂਚ ਕਰਵਾਏ ਅਤੇ ਸਚਾਈ ਲੋਕਾਂ ਸਾਹਮਣੇ ਲਿਆਵੇ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਨੂੰ ਰਾਜਨੀਤਿਕ ਹੰਕਾਰ ਦਾ ਵਿਸ਼ਾ ਬਣਾਉਣ ਦੀ ਬਜਾਏ ਸੰਵੇਦਨਸ਼ੀਲਤਾ ਤੇ ਕਾਨੂੰਨ ਦੇ ਸੰਦਰਭ ਵਿੱਚ ਨਿਪਟਾਇਆ ਜਾਣਾ ਚਾਹੀਦਾ ਹੈ।

ਆਗੂਆਂ ਨੇ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ, ਪੰਜਾਬੀਅਤ ਅਤੇ ਸਿੱਖ ਭਾਈਚਾਰੇ ਦੇ ਹਿੱਤਾਂ ਲਈ ਕੀਤੇ ਗਏ ਇਤਿਹਾਸਕ ਕਾਰਜਾਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਨੂੰ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ ਅਤੇ ਪੰਜਾਬ ਵਿੱਚ ਭਾਜਪਾ ਨੂੰ ਇੱਕ ਮਜ਼ਬੂਤ ਲੋਕਧਾਰਾ ਵਜੋਂ ਸਥਾਪਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਅੱਜ ਇੱਕ ਨਿਰਣਾਇਕ ਮੋੜ ਉੱਤੇ ਖੜ੍ਹਾ ਹੈ ਅਤੇ ਲੋਕ ਸੂਬੇ ਨੂੰ ਅਪਰਾਧ, ਨਸ਼ਿਆਂ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਵੰਡਵਾਦੀ ਰਾਜਨੀਤੀ ਤੋਂ ਮੁਕਤ ਕਰਕੇ ਵਿਕਾਸ, ਰਾਸ਼ਟਰਵਾਦ, ਭਾਈਚਾਰਕ ਸਦਭਾਵਨਾ ਅਤੇ ਸੁਸ਼ਾਸਨ ਦੇ ਰਾਹ ਉੱਤੇ ਲੈ ਜਾਣ ਵਾਲੀ ਮਜ਼ਬੂਤ ਅਗਵਾਈ ਦੀ ਉਡੀਕ ਕਰ ਰਹੇ ਹਨ। ਭਾਜਪਾ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਹਰ ਵਰਗ ਨੂੰ ਨਾਲ ਲੈ ਕੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰੇਗੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button