Breaking NewsDPRO NEWSNews
Trending

ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਾਨਾਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਅੰਮ੍ਰਿਤਸਰ, 05 ਜੁਲਾਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੀਆਂ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਆਸਥਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਰਹਿਬਰਾਂ ਦੇ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਮੌਕੇ ਦਿੱਲੀ ਦੇ ਵਿਧਾਇਕ ਡਾ. ਅਜੇ ਦੱਤ, ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਬਲਵਿੰਦਰ ਗਿੱਲ, ਬੱਬੂ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button