ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਪਿਸਤੌਲਾਂ ਸਮੇਤ 02 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 23 ਅਗਸਤ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ, ਮੈਗਜ਼ੀਨ ਅਤੇ 10 ਜਿੰਦਾ 9 ਐੱਮਐੱਮ ਰੌਂਦ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ। ਉਹ ਪੰਜਾਬ ਵਿੱਚ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾਉਂਦੇ ਸਨ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਕਾਰਵਾਈ ਜਾਰੀ ਹੈ।
ਜਾਂਚ ਏਜੰਸੀਆਂ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਸਰਹੱਦ ਪਾਰੋਂ ਹਥਿਆਰਾਂ ਦੀ ਸਪਲਾਈ ਕਿਸ ਤਰੀਕੇ ਅਤੇ ਕਿਹੜੇ ਰਸਤੇ ਰਾਹੀਂ ਕੀਤੀ ਜਾ ਰਹੀ ਸੀ।
ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਣ ਅਤੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੀ ਗੱਲ ਕਹੀ ਗਈ ਹੈ।



