ਨਸ਼ਿਆਂ ਵਿਰੁੱਧ ਲੜਾਈ ਵਿੱਚ ਪਰਿਵਾਰ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਅਹਿਮ: ਸੀ.ਪੀ. ਹਰਮਨਬੀਰ ਸਿੰਘ ਗਿੱਲ

ਅੰਮ੍ਰਿਤਸਰ, 17 ਸਤੰਬਰ 2026: ਸੁਖਬੀਰ ਸਿੰਘ,ਅਭਿਨੰਦਨ ਸਿੰਘ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਸੰਪਰਕ ਪ੍ਰੋਗਰਾਮ ਦੌਰਾਨ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ. ਨੇ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਪਤਵੰਤੇ ਵਿਅਕਤੀਆਂ, ਸਮਾਜਿਕ ਆਗੂਆਂ ਅਤੇ ਹਾਜ਼ਰੀਨ ਦਾ ਕੀਮਤੀ ਸਮਾਂ ਕੱਢ ਕੇ ਸ਼ਾਮਲ ਹੋਣ ਲਈ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਪੁਲਿਸ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਸ ਦੇ ਖਾਤਮੇ ਲਈ ਪਰਿਵਾਰ, ਸਮਾਜ, ਪ੍ਰਸ਼ਾਸਨ ਅਤੇ ਪੁਲਿਸ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਸੀ.ਪੀ. ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਸਿਰਫ਼ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਬਲਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ, ਨੌਜਵਾਨਾਂ ਦੀ ਕੌਂਸਲਿੰਗ ਕਰਨ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਉੱਤੇ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਪਿਛਲੇ ਸਮੇਂ ਵਿੱਚ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਹੁਣ ਸਮਾਜ ਨੂੰ ਨਸ਼ਿਆਂ ਦੀ ਸਮੱਸਿਆ ਵਿਰੁੱਧ ਵੀ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਕ ਸੰਵਾਦ, ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਸੀ.ਪੀ. ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿੱਚ ਪਰਿਵਾਰ ਦੀ ਭੂਮਿਕਾ ਸਭ ਤੋਂ ਪਹਿਲਾਂ ਆਉਂਦੀ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਨਿਯਮਿਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ, ਦੋਸਤਾਂ ਅਤੇ ਰੋਜ਼ਾਨਾ ਦੇ ਰੁਟੀਨ ਬਾਰੇ ਜਾਣਕਾਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਇੱਕੋ ਘਰ ਵਿੱਚ ਰਹਿੰਦੇ ਹੋਏ ਵੀ ਪਰਿਵਾਰਕ ਮੈਂਬਰ ਮੋਬਾਈਲ ਫੋਨਾਂ ਵਿੱਚ ਰੁੱਝੇ ਰਹਿੰਦੇ ਹਨ, ਜਿਸ ਕਾਰਨ ਬੱਚਿਆਂ ਨਾਲ ਸਿੱਧਾ ਸੰਵਾਦ ਘਟਦਾ ਜਾ ਰਿਹਾ ਹੈ। ਇਸ ਲਈ ਪਰਿਵਾਰਾਂ ਨੂੰ ਬੱਚਿਆਂ ਲਈ ਸਮਾਂ ਕੱਢ ਕੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਨੂੰ ਲੱਗਦਾ ਹੈ ਕਿ ਉਸ ਦਾ ਕੋਈ ਮੈਂਬਰ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਉਹ ਮਦਦ ਲੈਣ ਤੋਂ ਹਿਚਕਿਚਾਏ ਨਾ। ਨੇੜਲੇ ਪੁਲਿਸ ਸਟੇਸ਼ਨ, ਐਸ.ਐਚ.ਓ., ਪਿੰਡ ਦੇ ਸਰਪੰਚ, ਕੌਂਸਲਰ ਜਾਂ ਹੋਰ ਜ਼ਿੰਮੇਵਾਰ ਨੁਮਾਇੰਦਿਆਂ ਰਾਹੀਂ ਪੁਲਿਸ ਤੱਕ ਪਹੁੰਚ ਕੀਤੀ ਜਾ ਸਕਦੀ ਹੈ। ਲੋੜ ਪੈਣ ’ਤੇ ਡੀ-ਐਡੀਕਸ਼ਨ ਸੈਂਟਰ, ਕੌਂਸਲਿੰਗ ਅਤੇ ਹੋਰ ਉਚਿਤ ਸਹਾਇਤਾ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਸੀ.ਪੀ. ਸ੍ਰੀ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਇਸ ਤੋਂ ਬਚਾਉਣ ਵਿੱਚ ਮਹੱਤਵਪੂਰਨ ਸਾਬਤ ਹੋ ਸਕਦੀ ਹੈ।
ਉਨ੍ਹਾਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਕ੍ਰਾਈਮ ਪ੍ਰਿਵੈਂਸ਼ਨ ਅਤੇ ਤੁਰੰਤ ਪੁਲਿਸ ਰਿਸਪਾਂਸ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪੁਲਿਸ ਬੀਟ ਸਿਸਟਮ ਨੂੰ ਮੁੜ ਸੰਗਠਿਤ ਕਰਦਿਆਂ ਲਗਭਗ 68 ਪੁਲਿਸ ਬੀਟਾਂ ਬਣਾਈਆਂ/ਪੁਨਰਗਠਿਤ ਕੀਤੀਆਂ ਗਈਆਂ ਹਨ ਅਤੇ ਪੈਟਰੋਲਿੰਗ ਤੇ ਤੁਰੰਤ ਰਿਸਪਾਂਸ ਲਈ ਨਵੇਂ ਵਾਹਨ ਅਤੇ ਮੋਟਰਸਾਈਕਲ ਤਾਇਨਾਤ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 112 ਜਾਂ ਪੁਲਿਸ ਕੰਟਰੋਲ ਰੂਮ ’ਤੇ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਘੱਟ ਤੋਂ ਘੱਟ ਸਮੇਂ ਵਿੱਚ ਮੌਕੇ ’ਤੇ ਪਹੁੰਚਣ ਲਈ ਰਿਸਪਾਂਸ ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਖਾਸ ਤੌਰ ’ਤੇ ਨਸ਼ਿਆਂ ਦੀ ਵਿਕਰੀ ਜਾਂ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਸਬੰਧੀ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਸੀ.ਪੀ. ਨੇ ਦੱਸਿਆ ਕਿ ਨਵੇਂ ਭਰਤੀ ਕੀਤੇ ਪੁਲਿਸ ਕਰਮਚਾਰੀਆਂ ਅਤੇ ਜਵਾਨਾਂ ਨੂੰ ਵੀ ਪੈਟਰੋਲਿੰਗ ਅਤੇ ਤੁਰੰਤ ਰਿਸਪਾਂਸ ਡਿਊਟੀ ਵਿੱਚ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਤੰਦਰੁਸਤ ਅਤੇ ਚੁਸਤ-ਦਰੁਸਤ ਪੁਲਿਸ ਕਰਮਚਾਰੀਆਂ ਨੂੰ ਮੈਦਾਨੀ ਡਿਊਟੀ ਵਿੱਚ ਤਾਇਨਾਤ ਕਰਕੇ ਪੁਲਿਸ ਦੀ ਮੌਜੂਦਗੀ ਅਤੇ ਤੁਰੰਤ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਵਿਕਰੀ ਅਤੇ ਅਪਰਾਧ ਨਾਲ ਸਬੰਧਤ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਜਾਂ ਲਿਹਾਜ਼ ਨੂੰ ਤਰਜੀਹ ਨਹੀਂ ਦਿੱਤੀ ਜਾਵੇਗੀ। ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਿਸ ਵੱਲੋਂ ਮੈਦਾਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਸੀ.ਪੀ. ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਅੱਜ ਦਾ ਇਹ ਸੰਪਰਕ ਪ੍ਰੋਗਰਾਮ ਸਿਰਫ਼ ਇੱਕ ਮੀਟਿੰਗ ਨਹੀਂ, ਸਗੋਂ ਪੁਲਿਸ ਅਤੇ ਸਮਾਜ ਨੂੰ ਇੱਕ ਮੰਚ ’ਤੇ ਇਕੱਠਾ ਕਰਕੇ ਨਸ਼ਿਆਂ ਵਿਰੁੱਧ ਸਾਂਝੀ ਰਣਨੀਤੀ ਤਿਆਰ ਕਰਨ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗਾਂ ਦੌਰਾਨ ਸਾਹਮਣੇ ਆਉਣ ਵਾਲੇ ਸੁਝਾਵਾਂ ਅਤੇ ਵਿਚਾਰਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਹੀ ਇਸ ਉਪਰਾਲੇ ਦਾ ਅਸਲ ਮਕਸਦ ਹੈ।
ਅੰਤ ਵਿੱਚ ਉਨ੍ਹਾਂ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਪੁਲਿਸ ਅਤੇ ਪ੍ਰਸ਼ਾਸਨ ਆਪਣੇ ਪੱਧਰ ’ਤੇ ਹਰ ਸੰਭਵ ਯਤਨ ਕਰਦੇ ਰਹਿਣਗੇ, ਪਰ ਇਸ ਮੁਹਿੰਮ ਦੀ ਸਫ਼ਲਤਾ ਲਈ ਹਰ ਪਰਿਵਾਰ, ਹਰ ਮੁਹੱਲੇ ਅਤੇ ਹਰ ਪਿੰਡ ਦੀ ਭਾਗੀਦਾਰੀ ਜ਼ਰੂਰੀ ਹੈ।




