ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਿਆਂ ਵਿਰੁੱਧ CASO ਆਪਰੇਸ਼ਨ ਜਾਰੀ
ਜੋਨ-3, ਈਸਟ ਸਬ-ਡਿਵੀਜ਼ਨ ਦੇ ਥਾਣਾ ਵੇਰਕਾ ਅਧੀਨ ਪੱਤੀ ਬੱਗੇ ਵਾਲੀ ਵਿੱਚ ਸਰਚ ਆਪਰੇਸ਼ਨ; 13 ਵਿਅਕਤੀਆਂ ਵਿਰੁੱਧ ਕਾਰਵਾਈ, 2 NDPS ਮਾਮਲੇ ਦਰਜ

ਅੰਮ੍ਰਿਤਸਰ, 23 ਸਤੰਬਰ 2026: ਸੁਖਬੀਰ ਸਿੰਘ
ਕਮਿਸ਼ਨਰ ਪੁਲਿਸ, ਅੰਮ੍ਰਿਤਸਰ ,ਸ੍ਰੀ ਹਰਮਨਬੀਰ ਸਿੰਘ ਗਿੱਲ, IPS ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ CASO (Cordon and Search Operation) ਮੁਹਿੰਮ ਤਹਿਤ ਅੱਜ ਤੜਕੇ, ਜੋਨ-3, ਈਸਟ ਸਬ-ਡਿਵੀਜ਼ਨ ਦੇ ਥਾਣਾ ਵੇਰਕਾ ਦੇ ਅਧੀਨ ਪੱਤੀ ਬੱਗੇ ਵਾਲੀ ਇਲਾਕੇ ਵਿੱਚ ਵਿਸ਼ੇਸ਼ ਸਰਚ ਆਪਰੇਸ਼ਨ ਕੀਤਾ ਗਿਆ।
ਸਰਚ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਕੁੱਲ 13 ਵਿਅਕਤੀਆਂ ਵਿਰੁੱਧ ਕਾਨੂੰਨੀ/ਪ੍ਰਿਵੈਂਟਿਵ ਕਾਰਵਾਈ ਕੀਤੀ ਗਈ।
ਇਸ ਤੋਂ ਇਲਾਵਾ ਨਸ਼ਿਆਂ ਨਾਲ ਸਬੰਧਤ 2 NDPS ਐਕਟ ਦੇ ਮੁਕੱਦਮੇ ਦਰਜ ਕੀਤੇ ਗਏ ਅਤੇ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਅਤੇ ਇਸ ਨਾਲ ਜੁੜੇ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਸਰਚ ਦੌਰਾਨ ਨਸ਼ਿਆਂ ਦੀ ਲਤ ਦਾ ਸ਼ਿਕਾਰ ਪਾਏ ਗਏ 5 ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਡੀ-ਐਡੀਕਸ਼ਨ/ਨਸ਼ਾ ਮੁਕਤੀ ਕੇਂਦਰ ਵੱਲ ਰੈਫਰ ਕੀਤਾ ਗਿਆ, ਤਾਂ ਜੋ ਉਨ੍ਹਾਂ ਨੂੰ ਇਲਾਜ ਅਤੇ ਪੁਨਰਵਾਸ ਦੀ ਸਹੂਲਤ ਮਿਲ ਸਕੇ। ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨਸ਼ੇ ਦੇ ਪੀੜਤਾਂ ਨੂੰ ਇਲਾਜ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਸਰਚ ਆਪ੍ਰੇਸ਼ਨ ਦੌਰਾਨ ਸ੍ਰੀ ਜਸਕਰਨਜੀਤ ਸਿੰਘ ਡੀਸੀਪੀ ਸਿਟੀ, ਅੰਮ੍ਰਿਤਸਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ CASO ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ। ਨਸ਼ਿਆਂ ਦੀ ਤਸਕਰੀ ਅਤੇ NDPS ਐਕਟ ਤਹਿਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵੱਲੋਂ ਅਜਿਹੇ ਇਲਾਕਿਆਂ ਵਿੱਚ ਲਗਾਤਾਰ ਸਰਚ ਅਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਨਸ਼ਿਆਂ ਵਿਰੁੱਧ ਇਹ ਮੁਹਿੰਮ ਲਗਾਤਾਰ ਅਤੇ ਹੋਰ ਮਜ਼ਬੂਤੀ ਨਾਲ ਜਾਰੀ ਰਹੇਗੀ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦਾ ਸਪਸ਼ਟ ਸੰਦੇਸ਼ ਹੈ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।



