ਅਕਾਲੀ ਭਾਜਪਾ ਦੀਆਂ ਨੀਤੀਆਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਮਾਰ ਹੇਠ ਲਿਆਂਦਾ- ਪ੍ਰਿਤਪਾਲ ਸਿੰਘ ਮੀਰਾਕੋਟ
ਅੰਮ੍ਰਿਤਸਰ1 ਨਵੰਬਰ:(ਮਨਪ੍ਰੀਤ ਸਿੰਘ ਆਜ਼ਾਦ) ਪੰਥਕ ਆਗੂ ਪ੍ਰਿਤਪਾਲ ਸਿੰਘ ਮੀਰਾਕੋਟ ਨੇ ਭਾਜਪਾ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਭਾਜਪਾ ਪੰਜਾਬ ਅਤੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਦੇ ਸਮੇਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੋਈ, ਜਿਸ ਦਾ ਸਭ ਤੋਂ ਵੱਧ ਨੁਕਸਾਨ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਝੱਲਣਾ ਪਿਆ।ਪ੍ਰਿਤਪਾਲ ਸਿੰਘ ਮੀਰਾਕੋਟ ਨੇ ਕਿਹਾ ਕਿ ਪੰਜਾਬ ਦੀਆਂ ਸਰਹੱਦਾਂ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਕੀਤਾ ਕਿ ਸਰਹੱਦਾਂ ’ਤੇ ਜ਼ਬਤ ਕੀਤੇ ਜਾਂਦੇ ਨਸ਼ੀਲੇ ਪਦਾਰਥਾਂ ਬਾਰੇ ਪੂਰਾ ਵੇਰਵਾ ਲੋਕਾਂ ਸਾਹਮਣੇ ਕਿਉਂ ਨਹੀਂ ਰੱਖਿਆ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਜ਼ਬਤ ਕੀਤੇ ਨਸ਼ਿਆਂ ਦੀ ਮਾਤਰਾ, ਉਨ੍ਹਾਂ ਦੇ ਸਰੋਤਾਂ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਸਬੰਧੀ ਜਾਣਕਾਰੀ ਪਾਰਦਰਸ਼ੀ ਢੰਗ ਨਾਲ ਜਨਤਕ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਅਸਲ ਸਥਿਤੀ ਦਾ ਪਤਾ ਲੱਗ ਸਕੇ।ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਖ-ਵੱਖ ਮੁੱਦਿਆਂ ’ਤੇ ਆਪਣੀ ਗੱਲ ਰੱਖਦੇ ਹਨ, ਪਰ ਪੰਜਾਬ ਦੇ ਲੋਕਾਂ ਵੱਲੋਂ ਨਸ਼ਿਆਂ ਦੇ ਵਧਦੇ ਪ੍ਰਭਾਵ ਅਤੇ ਸਰਹੱਦੀ ਸੁਰੱਖਿਆ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਸਪੱਸ਼ਟ ਜਵਾਬ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋਏ ਹਨ ਅਤੇ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਮੀਰਾਕੋਟ ਨੇ ਦੋਸ਼ ਲਾਇਆ ਕਿ ਕਿਸਾਨੀ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਹੋਈਆਂ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ, ਪੰਜਾਬ ਦੀ ਨੌਜਵਾਨੀ ਦੇ ਭਵਿੱਖ ਅਤੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਵਰਗੇ ਮੁੱਦਿਆਂ ’ਤੇ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਅੰਤ ਵਿੱਚ ਪ੍ਰਿਤਪਾਲ ਸਿੰਘ ਮੀਰਾਕੋਟ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦੇ ਪਿਛਲੇ ਗਠਜੋੜ ਅਤੇ ਉਨ੍ਹਾਂ ਦੇ ਕਾਰਜਕਾਲ ਨਾਲ ਜੁੜੇ ਸਵਾਲਾਂ ਦਾ ਜਵਾਬ ਦੇਣਾ ਦੋਵਾਂ ਪਾਰਟੀਆਂ ਲਈ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਪਿਛਲੇ ਤਜਰਬਿਆਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਪਾਰਟੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨਗੇ।
