AmritsarBreaking NewsE-PaperLocal NewsPunjab
Trending
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆ ਨੂੰ ਜਿਲ੍ਹਾ ਪ੍ਰਸਾਸ਼ਨ ਨੇ ਜਲਿਆਂਵਾਲਾ ਬਾਗ ਵਿਖੇ ਦਿੱਤੀ ਸ਼ਰਧਾਂਜਲੀ
ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ ਸ਼ਹੀਦੀ ਦੀ ਕਰਬਾਨੀ ਕਦੇ ਭੁਲਾਇਆ ਨਹੀਂ ਜਾ ਸਕਦਾ-ਸਕੱਤਰ ਰੈਡ ਕਰਾਸ
ਅੰਮ੍ਰਿਤਸਰ, 30 ਜਨਵਰੀ 2025 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)
ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਦੇਸ਼ ਤੇ ਕੌਮ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11 ਵਜੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਸ਼ਰਧਾਂਜਲੀ ਭੇਂਟ ਕੀਤੀ। ਸਭ ਤੋਂ ਪਹਿਲਾਂ ਸਵੇਰੇ ਠੀਕ 11:00 ਵਜੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਜਵਾਨਾਂ ਨੂੰ ਬਿਗਲ ਵਜਾਇਆ ਗਿਆ ਅਤੇ ਦੋ ਮਿੰਟ ਲਈ ਮੋਨ ਧਾਰਿਆ ਗਿਆ।
ਇਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਸ਼ਰਧਾਂਜਲੀ ਭੇਂਟ ਕਰਦੇ ਹੋਏ ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਸੈਮਸਨ ਮਸੀਹ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋ ਸੇਧ ਲੈਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।
ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਮੌਕੇ ਸਾਬਕਾ ਮੰਤਰੀ ਮੈਡਮ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਮਹਾਨ ਸ਼ਹੀਦਾਂ ਉਪਰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਆਜਾਦ ਮੁਲਕ ਦੀ ਫਿਜਾ ਵਿੱਚ ਸਾਹ ਲੈ ਰਹੇ ਹਾਂ ਤਾਂ ਮਹਾਨ ਸ਼ਹੀਦਾਂ ਦੀ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ। ਇਸ ਮੌਕੇ ਪੁਲਿਸ ਬੈਂਡ ਵੱਲੋਂ ਦੇਸ਼ ਭਗਤੀ ਦੀ ਧੁੰਨ ਵਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰ ਹਰਭਗਵੰਤਪਾਲ ਸਿੰਘ, ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ, ਦਫਤਰ ਡਿਪਟੀ ਕਮਿਸ਼ਨਰ ਸੁਪਰਡੰਟ ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਹਰਪਾਲ ਸਿੰਘ, ਸੁਖਵਿੰਦਰ ਸਿੰਘ, ਸ੍ਰੀ ਰਿਸ਼ੀ ਕੁਮਾਰ, ਸ੍ਰੀ ਸ਼ਿਸ਼ੂਪਾਲ, ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਾਂ ਵਿੱਚੋਂ ਗਿਆਨ ਸਿੰਘ ਸੱਗੂ, ਅਮਰਜੀਤ ਸਿੰਘ ਭਾਟੀਆ, ਸੁਰਿੰਦਰ ਕੁਮਾਰ, ਰਾਜ ਕੁਮਾਰ, ਕਰਮਜੀਤ ਬੇਦੀ, ਸ੍ਰ ਹਰਜਿੰਦਰ ਸਿੰਘ, ਸਹਾਇਕ ਲੋਕ ਸੰਪਰਕ ਅਫਸਰ ਸ੍ਰੀ ਯੋਗੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਸੈਲਾਨੀ ਸ਼ਾਮਲ ਹੋਏ। ਹੋਰ ਅਧਿਕਾਰੀਆਂ ਵੱਲੋਂ ਮਹਾਤਮਾ ਗਾਂਧੀ ਜੀ ਦੀ ਫੋਟੋ ਤੇ ਫੁੱਲ ਮਲਾਵਾਂ ਵੀ ਅਰਪਿਤ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਦਫਤਰ ਡਿਪਟੀ ਕਮਿਸ਼ਨਰ ਵਿੱਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਰ ਸਨ।



