ਪੰਜਾਬ ਵਿੱਚ ਆਈ.ਐਸ.ਆਈ-ਸਮਰਥਿਤ ਅੱਤਵਾਦੀ ਮਾਡਿਊਲ ਬੇਨਕਾਬ, 03 ਗ੍ਰਿਫ਼ਤਾਰ

ਅੰਮ੍ਰਿਤਸਰ, 6 ਅਪ੍ਰੈਲ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਕਾਰਵਾਈ ਕਰਦਿਆਂ ਪੀ.ਆਈ.ਓਜ਼ ਦੁਆਰਾ ਚਲਾਏ ਜਾ ਰਹੇ ਇੱਕ ਆਈ.ਐਸ.ਆਈ-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ, ਜੋ ਕਿ ਵੱਡੀ ਸਾਜ਼ਿਸ਼ ਦੇ ਇਸ਼ਾਰੇ ਕਰਦਾ ਹੈ। ਇਸ ਤੋਂ ਇਲਾਵਾ, ਏ.ਟੀ.ਐਸ. ਗੁਜਰਾਤ ਨਾਲ ਸਾਂਝੀ ਕਾਰਵਾਈ ਦੌਰਾਨ ਅਹਿਮਦਾਬਾਦ ਤੋਂ ਇੱਕ ਹੋਰ ਦੋਸ਼ੀ ਨੂੰ ਕਾਬੂ ਕੀਤਾ ਗਿਆ।
ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਮਾਡਿਊਲ ਵੱਖ-ਵੱਖ ਰਾਜਾਂ ਵਿੱਚ ਪੁਲਿਸ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ। ਸੁਰੱਖਿਆ ਏਜੰਸੀਆਂ ਨੇ ਸਮੇਂ ਸਿਰ ਕਾਰਵਾਈ ਕਰਕੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਇਸ ਮਾਮਲੇ ਵਿੱਚ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿੱਚ ਵਿਸਫੋਟਕ ਪਦਾਰਥ ਐਕਟ ਅਤੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਪੁਲਿਸ ਵੱਲੋਂ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਸੰਗਠਿਤ ਅਪਰਾਧ ਅਤੇ ਅੱਤਵਾਦ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।



