AAPBreaking NewsDPRO NEWSNewsPolitical News
Trending

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨਾਲੋਂ ਵੀ ਸਮਰੱਥ ਬਣਾਇਆ - ਜਸਕਰਨ ਸਿੰਘ ਬੰਦੇਸ਼ਾ

ਅੰਮ੍ਰਿਤਸਰ, 24 ਅਪ੍ਰੈਲ 2026 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ, ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਅੱਜ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਸ੍ਰੀ ਜਸਕਰਨ ਸਿੰਘ ਬੰਦੇਸ਼ਾ ਵੱਲੋਂ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਐਡਵੋਕੇਟ ਸ. ਅਰਵਿੰਦਰ ਸਿੰਘ ਭੱਟੀ ਅਤੇ ਆਪ ਆਗੂ ਸ. ਬਲਵਿੰਦਰ ਸਿੰਘ ਕਾਲਾ ਵੀ ਮੌਜੂਦ ਸਨ। ਸਕੂਲ ਦੇ ਹੈੱਡਮਾਸਟਰ ਸ. ਗੁਰਮੀਤ ਸਿੰਘ ਅਤੇ ਸਟਾਫ ਮੈਂਬਰਾਂ ਵੱਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਿੱਖਿਆ ਕ੍ਰਾਂਤੀ ਜਰੀਏ ਰਾਜ ਭਰ ਦੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ।

ਇਸ ਮੌਕੇ ਐਡਵੋਕੇਟ ਸ. ਅਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਬਿਹਤਰ ਬਣਾਉਣ ਨੂੰ ਸਰਵਉੱਚ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅਤੇ ਮੁਹੱਲਾ ਕਲਿਨਿਕ ਇਸ ਗੱਲ ਦਾ ਸਪਸ਼ਟ ਪ੍ਰਮਾਣ ਹਨ।

ਇਸ ਮੌਕੇ ਸਕੂਲ ਪ੍ਰਸ਼ਾਸਨ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਅਖੀਰ ਵਿੱਚ ਪਿੰਡ ਦਾਦੂਪੁਰਾ ਦੇ ਸਰਪੰਚ ਵੱਲੋਂ ਸਮਾਗਮ ਵਿੱਚ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਗਿਆ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button