ਸਮਾਂ ਬਦਲਣ ਤੋਂ ਬਾਅਦ ਪਹਿਲੇ ਦਿਨ ਮੁਲਾਜ਼ਮ ਸਮੇਂ ਸਿਰ ਪੁੱਜੇ ਦਫਤਰ, ਜ਼ਿਲਾ ਵਾਸੀ ਬਦਲੇ ਸਮੇਂ ਅਨੁਸਾਰ ਦਫਤਰਾਂ ਵਿੱਚ ਕਰ ਸਕਦੇ ਹਨ ਪਹੁੰਚ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 25 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਪੰਜਾਬ ਸਰਕਾਰ ਵੱਲੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ ਦਫਤਰਾਂ ਦਾ ਸਮਾਂ 25 ਮਈ ਤੋਂ ਸਵੇਰੇ 7:30 ਵਜੇ ਤੋਂ ਦੁਪਿਹਰ 1:30 ਵਜੇ ਤੱਕ ਕਰ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫਤਰਾਂ ਵਿਖੇ ਪੁੱਜ ਗਏ ਸਨ। ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਰੁਪਿੰਦਰ ਪਾਲ ਸਿੰਘ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ-ਵੱਖ ਦਫਤਰਾਂ ਦਾ ਦੌਰਾ ਕਰਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਚੈੱਕ ਵੀ ਕੀਤਾ ਗਿਆ।
ਦਫਤਰਾਂ ਦੇ ਬਦਲੇ ਸਮੇਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਹੀ ਮੁਲਾਜਮ ਆਪਣੀ ਡਿਊਟੀ ਨੂੰ ਸਮਝਦੇ ਹੋਏ ਸਮੇਂ ਸਿਰ ਆਪਣੀਆਂ ਸੀਟਾਂ ਤੇ ਪਹੁੰਚ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਗਲੇ ਹੁਕਮਾਂ ਤੱਕ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ ਅਤੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਇਨਾਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ। ਉਹਨਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਲੇਟਲਤੀਫੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਰਮਚਾਰੀ ਲੇਟ ਆਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਸੇਵਾ ਕੇਂਦਰਾਂ ਦਾ ਸਮਾਂ ਵੀ ਸਵੇਰੇ 7:30 ਵਜੇ ਤੋਂ ਲੈ ਕੇ ਬਾ:ਦੁ: 3:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਫਤਰੀ ਸਮੇਂ ਦੌਰਾਨ ਆਪਣਾ ਕਰਵਾਉਣ ਲਈ ਪਹੁੰਚ ਕਰਨ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।



