Breaking NewsNews
Trending

ਪਿਛੜਿਆ ਪੰਜਾਬ ਮੁੜ ਹੋਇਆ ਆਬਾਦ, ਕਾਂਗਰਸ ਹੀ ਬਣਾਵੇਗੀ ਹੁਣ ਸਰਕਾਰ : ਦਿਨੇਸ਼ ਬੱਸੀ

ਅੰਮ੍ਰਿਤਸਰ, 25 ਜੁਲਾਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਹਲਕਾ ਪੂਰਬੀ ਦੇ ਸੁੰਦਰ ਨਗਰ, ਗਲੀ ਨੰਬਰ 9 ਵਿਖੇ  ਕਾਂਗਰਸੀ ਨੇਤਾ ਰਾਜੇਸ਼ ਬੱਬੂ ਦੀ ਅਗੁਵਾਈ ਹੇਠ ਇਲਾਕਾ ਨਿਵਾਸੀਆਂ ਨਾਲ ਰੂ-ਬ-ਰੂ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਨ ਸਮਰਥਨ ਮੰਗਿਆ। ਇਸ ਮੌਕੇ ਉਨ੍ਹਾਂ ਨੇ ਮਾਤਾਵਾਂ, ਭੈਣਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨਾਲ ਹਲਕੇ ਦੇ ਵਿਕਾਸ ਅਤੇ ਪੰਜਾਬ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕੀਤੇ।

ਦਿਨੇਸ਼ ਬੱਸੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇਸ਼ ਦੇ ਸਭ ਤੋਂ ਅੱਗੇ ਵਧਦੇ ਸੂਬਿਆਂ ਵਿੱਚ ਸ਼ਾਮਲ ਸੀ, ਪਰ ਅੱਜ ਹਾਲਾਤ ਇਹ ਹਨ ਕਿ ਪੰਜਾਬ ਉਨ੍ਹਾਂ ਰਾਜਾਂ ਤੋਂ ਵੀ ਪਿੱਛੇ ਰਹਿ ਗਿਆ ਹੈ ਜੋ ਕਦੇ ਵਿਕਾਸ ਦੇ ਮਾਮਲੇ ਵਿੱਚ ਕਾਫ਼ੀ ਪਿੱਛੇ ਸਨ। ਉਨ੍ਹਾਂ ਕਿਹਾ ਕਿ ਅੱਜ ਰੁਜ਼ਗਾਰ ਦੀ ਕਮੀ ਕਾਰਨ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ, ਜੋ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਨਸ਼ੇ ਦੀ ਮਾਰ ਝੱਲਣੀ ਪਈ ਅਤੇ ਹੁਣ ਗੈਂਗਸਟਰਵਾਦ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਦਿੱਤਾ ਹੈ ਅਤੇ ਵਿਕਾਸ ਦੀ ਰਫ਼ਤਾਰ ਰੁਕ ਗਈ ਹੈ।

ਦਿਨੇਸ਼ ਬੱਸੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਜਿਹੇ ਲੋਕ-ਹਿਤੈਸ਼ੀ ਫ਼ੈਸਲੇ ਲਏ, ਜਿਨ੍ਹਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ‘ਤੇ ਲਿਆਉਣ ਦੀ ਜ਼ਿੰਮੇਵਾਰੀ ਕਾਂਗਰਸ ਹੀ ਨਿਭਾ ਸਕਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਵਿੱਚ ਵੋਟ ਪਾਉਣ ਸਮੇਂ ਅੱਖਾਂ ਖੋਲ੍ਹ ਕੇ ਉਸ ਵਿਅਕਤੀ ਨੂੰ ਚੁਣੋ, ਜੋ ਹਰ ਸੁੱਖ-ਦੁੱਖ ਵਿੱਚ ਤੁਹਾਡੇ ਨਾਲ ਖੜ੍ਹਾ ਰਿਹਾ ਹੋਵੇ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਲੋਕ ਉਨ੍ਹਾਂ ਨੂੰ ਇੱਕ ਵਾਰ ਵਿਧਾਨ ਸਭਾ ਤੱਕ ਪਹੁੰਚਣ ਦਾ ਮੌਕਾ ਦਿੰਦੇ ਹਨ ਤਾਂ ਹਲਕੇ ਵਿੱਚ ਉਦਯੋਗ ਸਥਾਪਤ ਕਰਵਾਉਣ ਲਈ ਪੂਰਾ ਯਤਨ ਕੀਤਾ ਜਾਵੇਗਾ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਉਨ੍ਹਾਂ ਨੂੰ ਬੇਰੁਜ਼ਗਾਰੀ ਕਾਰਨ ਵਿਦੇਸ਼ਾਂ ਵੱਲ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਅਜਿਹਾ ਵਿਕਾਸ ਕਰਵਾਉਣਗੇ ਕਿ ਅਗਲੀ ਵਾਰ ਲੋਕ ਆਪਣੇ ਆਪ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਹੋਣਗੇ।

ਇਸ ਮੌਕੇ ਸੰਦੀਪ ਸ਼ਾਹ, ਬੱਬੂ ਪਹਿਲਵਾਨ, ਅਮਨਦੀਪ, ਮਨੀ ਪਾਰਸ, ਬਾਲਾ, ਮੋਨੂ, ਹਨੀ, ਵੇਸੂ, ਸੁਨੀਲ, ਚੈਰੀ, ਬਬਲੂ, ਕਾਕਾ ਅਤੇ ਪ੍ਰਿੰਸ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button