AmritsarE-PaperPunjab
Trending

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 30 ਨਵੰਬਰ 2024 (ਕੰਵਲਜੀਤ ਸਿੰਘ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ਦਾ ਦੂਜਾ ਪੰਦਰਵਾੜਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨ੍ਹਾਂ ਦਿਨਾਂ ’ਚ ਭਾਵੁਕਤਾ ਅਤੇ ਵੈਰਾਗ ਵਿਚੋਂ ਲੰਘਦੀ ਹੈ ਅਤੇ ਆਪਣੇ ਸ਼ਹੀਦਾਂ ਦੇ ਸਤਿਕਾਰ ਵਜੋਂ ਕਿਸੇ ਵੀ ਤਰ੍ਹਾਂ ਦੇ ਖ਼ੁਸ਼ੀ ਵਾਲੇ ਸਮਾਗਮ ਕਰਨ ਤੋਂ ਗੁਰੇਜ਼ ਕਰਦੀ ਹੈ। ਸੰਗਤਾਂ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਹ ਦਿਹਾੜੇ ਸ਼ਰਧਾ ਪੂਰਵਕ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਬੰਸਦਾਨੀ ਸ੍ਰੀ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੀ 6 ਜਨਵਰੀ 2025 ਨੂੰ ਆ ਰਿਹਾ ਹੈ, ਜੋ ਸਿੱਖ ਕੌਮ ਵੱਲੋਂ ਪੂਰੇ ਵਿਸ਼ਵ ਵਿਚ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਕਿਸੇ ਵੀ ਤਰ੍ਹਾਂ ਯੋਗ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਵੱਲੋਂ ਵੱਡੇ ਪੱਧਰ ’ਤੇ ਸ਼੍ਰੋਮਣੀ ਕਮੇਟੀ ਤਕ ਪਹੁੰਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਚੋਣਾਂ ਦੀਆਂ ਤਰੀਕਾਂ ਸ਼ਹੀਦੀ ਪੰਦਰਵਾੜੇ ਅਤੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖ ਕੇ ਤੈਅ ਕਰਨ ਲਈ ਸਰਕਾਰ ਤੱਕ ਪਹੁੰਚ ਕੀਤੀ ਜਾਵੇ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਸਿੱਖ ਇਤਿਹਾਸ ਦੇ ਇਨ੍ਹਾਂ ਦਿਹਾੜਿਆਂ ਅਤੇ ਸੰਗਤਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਸਥਾਨਕ ਚੋਣਾਂ ਸਬੰਧੀ ਤਰੀਕਾਂ ਜਨਵਰੀ 2025 ਵਿਚ ਹੀ ਨਿਰਧਾਰਤ ਕੀਤੀਆਂ ਜਾਣ।

admin1

Related Articles

Back to top button