ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਸੁੰਦਰ ਸਿੰਘ ਅਬਾਦੀ ਵਿਖੇ ਸਮਾਜ ਸੇਵਿਕਾ ਦੇ ਬੇਟੇ ਤੇ ਹੋਇਆ ਜਾਨਲੇਵਾ ਹਮਲਾ

ਅੰਮ੍ਰਿਤਸਰ , 24 ਮਾਰਚ 2025 ( ਅਭਿਨੰਦਨ ਸਿੰਘ, ਸਾਹਿਬ ਸਿੰਘ)
ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਸੁੰਦਰ ਸਿੰਘ ਅਬਾਦੀ ਵਿੱਚ ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਇੱਕ ਸਮਾਜ ਸੇਵਿਕਾ ਦੇ ਬੇਟੇ ‘ਤੇ ਜਾਨਲੇਵਾ ਹਮਲਾ ਕੀਤਾ। ਇਸ ਘਟਨਾ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਪੀੜਤ ਦੀ ਮਾਤਾ ਸੁਮਨ ਰਾਜਪੂਤ ਨੇ ਦੱਸਿਆ ਕਿ ਉਸਦਾ 18 ਸਾਲਾ ਬੇਟਾ ਆਦਿਤਿਆ ਜੋ ਲਿਬਰਟੀ ਮਾਰਕੀਟ ਵਿੱਚ ਕੰਮ ਕਰਦਾ ਹੈ, ਜਦੋਂ ਕੰਮ ਤੋਂ ਘਰ ਆ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸ ਨਾਲ ਗਾਲੀ ਗਲੋਚ ਕੀਤੀ ਅਤੇ ਲੋਹੇ ਦੀ ਰਾਡ ਨਾਲ ਉਸਦੇ ਸਿਰ ‘ਤੇ ਵਾਰ ਕਰਕੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।
ਜਦੋਂ ਪੀੜਤ ਦੀ ਮਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਲਈ ਗਈ, ਤਾਂ ਉਨ੍ਹਾਂ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਦੇ ਘਰ ਵਿੱਚ ਭੰਨਤੋੜ ਕੀਤੀ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।
ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਭੱਜਦੇ ਹੋਏ ਦਿਖਾਈ ਦੇ ਰਹੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਥਾਣਾ ਛੇਹਰਟਾ ਦੇ ਐਸਐਚਓ ਵਿਨੋਦ ਸ਼ਰਮਾ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੀੜਤ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਕੀ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਮਾਂ ਸੁਮਨ ਰਾਜਪੂਤ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਹੈ।


