ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ; 18 ਕਿਲੋ ਹੈਰੋਇਨ ਬਰਾਮਦ
ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਾਬਲੇ ਲਈ ਵੱਡੀ ਕਾਰਵਾਈ: ਇੱਕ ਮੁਲਜ਼ਮ ਗ੍ਰਿਫ਼ਤਾਰ, ਸਾਥੀ ਕੁਲਵਿੰਦਰ ਸਿੰਘ ਫ਼ਰਾਰ – ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦਾ ਖੁਲਾਸਾ
ਅੰਮ੍ਰਿਤਸਰ, 11 ਅਪ੍ਰੈਲ 2025 (ਸੁਖਬੀਰ ਸਿੰਘ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਦੀ ਪਛਾਣ ਹੀਰਾ ਸਿੰਘ ਉਰਫ਼ ਹੀਰਾ ਵਾਸੀ ਪਿੰਡ ਖੈਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਉਸਦੀ ਐਚ.ਐਫ. ਡੀਲਕਸ ਮੋਟਰਸਾਈਕਲ (ਪੀਬੀ 02 ਬੀਡਬਲਿਊ 7803) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਨੂੰ ਉਹ ਚਲਾ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਹੀਰਾ ਸਿੰਘ ਅਤੇ ਉਸਦਾ ਸਾਥੀ, ਜਿਸ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਦਾਉਕੇ, ਅੰਮ੍ਰਿਤਸਰ ਵਜੋਂ ਹੋਈ ਹੈ, ਪਾਕਿਸਤਾਨ ਅਧਾਰਤ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬਿੱਲਾ ਪਿਛਲੇ ਸਾਲ ਤੋਂ ਸਰਹੱਦ ਪਾਰੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਨੂੰ ਇਸ ਪਾਰ ਡਰੋਨ ਦੀ ਵਰਤੋਂ ਕਰਕੇ ਪਹੁੰਚਾ ਰਿਹਾ ਸੀ।