AmritsarBreaking NewsDPRO NEWSE-PaperLocal NewsPolitical NewsPunjabState
Trending
ਭਾਖੜਾ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ – ਈ ਟੀ ਓ

ਅੰਮ੍ਰਿਤਸਰ,02 ਮਈ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ 8,500 ਕਿਊਸੈਕ ਵਾਧੂ ਪਾਣੀ ਦੇਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ’ਚ ਛੁਰਾ ਮਾਰਨ ਵਾਂਗ ਹੈ।
ਉਹਨਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਲਿਆ ਗਿਆ ਇਹ ਫੈਸਲਾ ਤਕਨੀਕੀ ਅਤੇ ਕਾਨੂੰਨੀ ਤੌਰ ’ਤੇ ਵੀ ਗ਼ਲਤ ਹੈ। ਉਨਾਂ ਕਿਹਾ ਕਿ ਜਦੋਂ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ ਤਾਂ ਹੁਣ ਵਾਧੂ ਪਾਣੀ ਦੇਣਾ, ਉਹ ਵੀ ਝੋਨੇ ਦੀ ਫ਼ਸਲ ਦੇ ਸਮੇਂ, ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ।
ਉਨਾਂ ਕੇਂਦਰ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਆਪਣੇ ਜਲ ਹੱਕਾਂ ਤੋਂ ਵੰਚਿਤ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਅਸੀਂ ਅਜਿਹੇ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ਉੱਤੇ ਸਾਡੀ ਪਾਰਟੀ ਹਰ ਤਰ੍ਹਾਂ ਨਾਲ ਲੜਾਈ ਲੜਨ ਲਈ ਤਿਆਰ ਹੈ। ਉਹਨਾਂ ਕਿਹਾ ਕਿ ਅੱਜ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਸਰਬ ਪਾਰਟੀ ਮੀਟਿੰਗ ਬੁਲਾ ਕੇ ਸਾਰਿਆਂ ਦਾ ਰੈਅ ਲੈਂਦੇ ਹੋਏ ਸਰਕਾਰ ਦਾ ਸਟੈਂਡ ਵੀ ਸਪਸ਼ਟ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਪਾਣੀਆਂ ਲਈ ਹਰ ਤਰ੍ਹਾਂ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰੀ ਕਰ ਰਹੇ ਹਨ।


