ਡੀ.ਜੀ.ਪੀ. ਪੰਜਾਬ ਵੱਲੋਂ ਰਾਜ ਪੱਧਰੀ ਕਾਨੂੰਨ-ਵਿਵਸਥਾ ਮੀਟਿੰਗ, ਤਿਉਹਾਰੀ ਸੀਜ਼ਨ ਲਈ ਵਿਆਪਕ ਕਾਰਜ ਯੋਜਨਾ ਤਿਆਰ

ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ 2025 (ਅਭਿਨੰਦਨ ਸਿੰਘ)
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੱਲੋਂ ਅੱਜ ਵੀਡੀਓ ਕਾਨਫਰੰਸ ਰਾਹੀਂ ਇੱਕ ਰਾਜ ਪੱਧਰੀ ਕਾਨੂੰਨ ਅਤੇ ਵਿਵਸਥਾ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਅਧਿਕਾਰੀ, ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਮੁਖੀਆਂ, ਸਾਰੇ ਰੇਂਜ ਡੀ.ਆਈ.ਜੀ., ਕਮਿਸ਼ਨਰ ਆਫ਼ ਪੁਲਿਸ (ਸੀ.ਪੀ.), ਜ਼ਿਲ੍ਹਾ ਪੁਲਿਸ ਮੁਖੀ (ਐਸ.ਐਸ.ਪੀ.), ਸਬ-ਡਵੀਜ਼ਨਲ ਡੀ.ਐਸ.ਪੀ. ਅਤੇ ਸਾਰੇ ਥਾਣਾ ਪ੍ਰਮੁੱਖ (ਐਸ.ਐਚ.ਓ.) ਸ਼ਾਮਲ ਹੋਏ।
ਮੀਟਿੰਗ ਦੌਰਾਨ ਸੰਗਠਿਤ ਅਪਰਾਧ, ਨਸ਼ਿਆਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ 2025 ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿਆਪਕ ਕਾਰਜ ਯੋਜਨਾ ਤਿਆਰ ਕਰਨ ‘ਤੇ ਜ਼ੋਰ ਦਿੱਤਾ ਗਿਆ।
ਡੀ.ਜੀ.ਪੀ. ਨੇ ਰਾਜ ਭਰ ਦੇ ਡੀ.ਐਸ.ਪੀ. ਅਤੇ ਐਸ.ਐਚ.ਓ.ਜ਼ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਫੀਲਡ-ਪੱਧਰ ਦੇ ਤਜ਼ਰਬੇ ਅਤੇ ਜਾਣਕਾਰੀ ਨੂੰ ਸੁਣਿਆ। ਸਥਾਨਕ ਚੁਣੌਤੀਆਂ ਅਤੇ ਸਮਾਜਿਕ ਭਾਗੀਦਾਰੀ ਬਾਰੇ ਉਨ੍ਹਾਂ ਦੇ ਵਿਚਾਰਾਂ ਨੂੰ ਜ਼ਮੀਨੀ ਪੱਧਰ ‘ਤੇ ਪੁਲਿਸ ਦੀ ਸਾਂਝੀ ਪ੍ਰਤੀਕ੍ਰਿਆ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਣ ਕਰਾਰ ਦਿੱਤਾ ਗਿਆ।
ਡੀ.ਜੀ.ਪੀ. ਨੇ ਕਿਹਾ ਕਿ ਜਿਵੇਂ ਪੰਜਾਬੀ ਲੋਕ ਤਿਉਹਾਰਾਂ ਨੂੰ ਮਨਾਉਣ ਦੀ ਤਿਆਰੀ ਕਰ ਰਹੇ ਹਨ, ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਪੁਲਿਸ ਸ਼ਾਂਤੀ, ਸਦਭਾਵਨਾ ਅਤੇ ਨਾਗਰਿਕਾਂ ਦੀ ਸੁਰੱਖਿਆ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਨੇ ਯਕੀਨ ਦਵਾਇਆ ਕਿ ਰਾਜ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਪੰਜਾਬ ਸੁਰੱਖਿਅਤ ਅਤੇ ਸਥਿਰ ਰਹੇ।