ਅੰਮ੍ਰਿਤਸਰ ਪੁਲਿਸ ਨੇ ਤਸਕਰੀ ਮਾਡਿਊਲ ਬੇਨਕਾਬ ਕਰਕੇ 3 ਗ੍ਰਿਫ਼ਤਾਰ, 10 ਪਿਸਟਲ ਤੇ 500 ਗ੍ਰਾਮ ਅਫੀਮ ਬਰਾਮਦ ਕੀਤੀ
ਅੰਮ੍ਰਿਤਸਰ, 15 ਅਕਤੂਬਰ 2025 (ਅਭਿਨੰਦਨ ਸਿੰਘ)
ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਸੰਗਠਿਤ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਹਨਾਂ ਦੇ ਕਬਜ਼ੇ ਤੋਂ 10 ਆਧੁਨਿਕ ਪਿਸਤੌਲ ਅਤੇ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਇੱਕ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ ਅਧਾਰਤ ਹੈਂਡਲਰ ਨਾਲ ਸੰਪਰਕ ਵਿੱਚ ਸਨ। ਇਹ ਹਥਿਆਰ ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਸਪਲਾਈ ਕੀਤੇ ਜਾਣੇ ਸਨ।
ਇਸ ਮਾਮਲੇ ਸੰਬੰਧੀ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਪੂਰੇ ਨੈੱਟਵਰਕ ਦੇ ਪਿਛਲੇ ਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਰੱਖ ਰਹੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧਾਂ ‘ਤੇ ਪੂਰੀ ਤਰ੍ਹਾਂ ਨਕੇਲ ਪਾਉਣ ਲਈ ਵਚਨਬੱਧ ਹੈ।
