Breaking NewsNewsSGPC Amritsar
Trending

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ

ਅੰਮ੍ਰਿਤਸਰ, 22 ਅਕਤੂਬਰ 2025 (ਅਭਿਨੰਦਨ ਸਿੰਘ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਅਲਵਰ ਰਾਜਿਸਥਾਨ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ ਮਹੀਨੇ ਹੋ ਰਹੇ ਸ਼ਤਾਬਦੀ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸ. ਹਰਪ੍ਰੀਤ ਸਿੰਘ ਬੱਗਾ, ਸ. ਸਲੋਕ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਸ਼ਰਧਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ  ਪ੍ਰਤੀ ਸਤਿਕਾਰ ਭੇਟ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਰਾਜਿਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਸ. ਬਲਦੇਵ ਸਿੰਘ, ਸੁਪਰਵਾਈਜ਼ਰ ਸ. ਦਰਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸ. ਮੋਹਨਦੀਪ ਸਿੰਘ, ਸ. ਮਿਲਖਾ ਸਿੰਘ, ਸ. ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਸ. ਅਮਰਜੀਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button