ਅੰਮ੍ਰਿਤਸਰ ਵਿੱਚ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼, 01 ਗ੍ਰਿਫ਼ਤਾਰ 5 ਪਿਸਤੌਲ ਬਰਾਮਦ

ਅੰਮ੍ਰਿਤਸਰ, 7 ਦਸੰਬਰ 2025 (ਅਭਿਨੰਦਨ ਸਿੰਘ)
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਵੱਲੋਂ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਪਾਸੋਂ ਪੰਜ ਪਿਸਤੌਲ (ਚਾਰ .30 ਬੋਰ ਅਤੇ ਇੱਕ 9 ਐਮ.ਐਮ. ਸਮੇਤ ਮੈਗਜ਼ੀਨਾਂ) ਬਰਾਮਦ ਕੀਤੇ ਗਏ ਹਨ।
ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਆਪਣੇ ਲੋੜੀਂਦੇ ਸਾਥੀ ਸੈਫਲੀ ਸਿੰਘ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਉਹਨਾਂ ਨੂੰ ਪੰਜਾਬ ਦੇ ਅਪਰਾਧਿਕ ਨੈੱਟਵਰਕ ਅਤੇ ਗੈਂਗਸਟਰਾਂ ਤੱਕ ਪਹੁੰਚਾ ਰਿਹਾ ਸੀ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਮਾਮਲੇ ਨਾਲ ਜੁੜੇ ਹੋਰ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖਾਤਮਾ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਦੋਹਰਾਇਆ ਹੈ ਕਿ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸਖ਼ਤ ਕਾਰਵਾਈ ਜਾਰੀ ਰਹੇਗੀ।


