ਐਲਪੀਜੀ ਕਮੀ ‘ਤੇ ਪ੍ਰਧਾਨ ਮੰਤਰੀ ਅਤੇ ਪੈਟਰੋਲਿਅਮ ਮੰਤਰੀ ਦੀ ਚੁੱਪ ਕਿਉਂ? — ਦਿਨੇਸ਼ ਬੱਸੀ
ਸਪਲਾਈ ਪ੍ਰਭਾਵਿਤ ਹੋਣ ਨਾਲ ਆਮ ਲੋਕ, ਢਾਬਾ ਅਤੇ ਰੈਸਟੋਰੈਂਟ ਚਲਾਉਣ ਵਾਲੇ ਪਰੇਸ਼ਾਨ; ਕੇਂਦਰ ਸਰਕਾਰ ਤੁਰੰਤ ਠੋਸ ਕਦਮ ਚੁੱਕੇ

ਅੰਮ੍ਰਿਤਸਰ, 15 ਮਾਰਚ 2026 (ਸੁਖਬੀਰ ਸਿੰਘ)
ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਐਲਪੀਜੀ ਗੈਸ ਦੀ ਕਥਿਤ ਕਮੀ ਨੂੰ ਲੈ ਕੇ ਅੰਮ੍ਰਿਤਸਰ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਇੰਪ੍ਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਛੋਟੇ ਵਪਾਰੀਆਂ, ਢਾਬਾ ਅਤੇ ਰੈਸਟੋਰੈਂਟ ਚਲਾਉਣ ਵਾਲਿਆਂ ਨੂੰ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਬੱਸੀ ਨੇ ਕਿਹਾ ਕਿ ਰਸੋਈ ਗੈਸ ਹਰ ਘਰ ਦੀ ਬੁਨਿਆਦੀ ਲੋੜ ਹੈ ਅਤੇ ਇਸ ਦੀ ਕਮੀ ਸਿੱਧੇ ਤੌਰ ‘ਤੇ ਕਰੋੜਾਂ ਪਰਿਵਾਰਾਂ ਦੀ ਰੋਜ਼ਮਰਾ ਜ਼ਿੰਦਗੀ ‘ਤੇ ਅਸਰ ਪਾਂਦੀ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਸਲੇ ਨੂੰ ਤਰਜੀਹ ਦੇ ਆਧਾਰ ‘ਤੇ ਲੈਂਦੇ ਹੋਏ ਤੁਰੰਤ ਠੋਸ ਕਦਮ ਚੁੱਕੇ ਜਾਣ, ਤਾਂ ਜੋ ਦੇਸ਼ ਵਿੱਚ ਐਲਪੀਜੀ ਦੀ ਸਪਲਾਈ ਸੁਚਾਰੂ ਤਰੀਕੇ ਨਾਲ ਜਾਰੀ ਰਹਿ ਸਕੇ।ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਚੁਣੌਤੀਪੂਰਨ ਹੋ ਸਕਦੇ ਹਨ। ਬੱਸੀ ਦੇ ਅਨੁਸਾਰ ਹਾਲੀਆ ਦਿਨਾਂ ਵਿੱਚ ਕਈ ਰਾਜਾਂ ਤੋਂ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਸ ਦਾ ਅਸਰ ਹੋਟਲ, ਰੈਸਟੋਰੈਂਟ ਅਤੇ ਹੋਰ ਛੋਟੇ ਕਾਰੋਬਾਰਾਂ ‘ਤੇ ਵੀ ਪੈ ਰਿਹਾ ਹੈ।ਸੀਨੀਅਰ ਕਾਂਗਰਸ ਆਗੂ ਨੇ ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਐਲਪੀਜੀ ਦੀ ਪਰਯਾਪਤ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਗੈਸ ਦੀ ਜਮਾਖੋਰੀ ਜਾਂ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆਮ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਰਾਹਤ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਜਲਦ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ।


